ਸਰਕਾਰ ਨੇ ਸਰਕਾਰੀ ਸਕੂਲਾਂ ‘ਚ ਪ੍ਰਿੰਸੀਪਲ ਪ੍ਰਮੋਸ਼ਨ ਦਾ ਕੋਟਾ ਵਧਾਇਆ
– ਸਰਕਾਰ ਸਕੂਲਾਂ ਨੂੰ ਬਿਹਤਰ ਬਨਾਉਣ ਲਈ ਵੱਡੇ ਕਦਮ ਚੁੱਕ ਰਹੀ ਹੈ – ਬੈਂਸ
ਸਿੱਖਿਆ ਫੋਕਸ, ਚੰਡੀਗੜ੍ਹ। ਪੰਜਾਬ ਸਰਕਾਰ ਨੇ ਵੱਡਾ ਫ਼ੈਸਲਾ ਲੈਂਦਿਆਂ ਸਕੂਲਾਂ ਵਿਚ ਪ੍ਰਿੰਸੀਪਲ ਪ੍ਰਮੋਸ਼ਨ ਦਾ ਕੋਟਾ ਵਧਾ ਦਿੱਤਾ ਹੈ। ਹੁਣ ਸਕੂਲਾਂ ਵਿਚ ਪ੍ਰਮੋਸ਼ਨ ਦੇ ਆਧਾਰ ‘ਤੇ 75 ਫੀਸਦੀ ਪ੍ਰਿੰਸੀਪਲਾਂ ਦੀ ਭਰਤੀ ਹੋ ਸਕੇਗੀ। ਇਸ ਫ਼ੈਸਲੇ ਨਾਲ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ 500 ਨਵੇਂ ਪ੍ਰਿੰਸੀਪਲਾਂ ਦੀ ਭਰਤੀ ਹੋਵੇਗੀ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਸੁਨਾਮ ਦੇ ਛਾਜਲੀ ਵਿਖੇ ਸਕੂਲ ਆਫ ਐਮੀਨੈਂਸ ਦਾ ਉਦਘਾਟਨ ਕੀਤਾ। ਉਨ੍ਹਾਂ ਨਾਲ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੀ ਮੌਜੂਦ ਸਨ। ਮੁੱਖ ਮੰਤਰੀ ਨੇ ਕਿਹਾ ਕਿ ਸਕੂਲ ਵਿੱਚ ਵਿਦਿਆਰਥਣਾਂ ਵੱਲੋਂ ਤਿਆਰ ਕੀਤੇ ਗਏ ਡੈਮੋ ਅਤੇ ਧੀਆਂ ਦੀ ਪ੍ਰਤਿਭਾ ਅਤੇ ਆਤਮ ਵਿਸ਼ਵਾਸ ਨੂੰ ਦੇਖ ਕੇ ਉਨ੍ਹਾਂ ਦੇ ਮਨ ਨੂੰ ਸ਼ਾਂਤੀ ਮਿਲੀ ਹੈ। ਵਿਦਿਆਰਥੀਆਂ ਦੀ ਪ੍ਰਤਿਭਾ ਇਹ ਸਾਬਤ ਕਰ ਰਹੀ ਹੈ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਪੱਧਰ ਕਾਫੀ ਉੱਚਾ ਹੋਇਆ ਹੈ। ਸਰਕਾਰੀ ਸਕੂਲਾਂ ਦੇ ਬੱਚੇ ਪ੍ਰਾਈਵੇਟ ਸਕੂਲਾਂ ਦੇ ਬੱਚਿਆਂ ਨੂੰ ਪਿੱਛੇ ਛੱਡ ਰਹੇ ਹਨ।
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਕਾਂਗਰਸ ਦੀ ਸਰਕਾਰ ਸਮੇਂ ਇਹ ਕੋਟਾ ਸਿਰਫ 50 ਫੀਸਦੀ ਸੀ, ਜਿਸ ਦੇ ਚੱਲਦੇ ਸਕੂਲਾਂ ਵਿਚ ਪ੍ਰਿੰਸੀਪਲਾਂ ਦੀ ਕਮੀ ਹੋਈ ਸੀ। ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਸਕੂਲਾਂ ਨੂੰ ਬਿਹਤਰ ਬਨਾਉਣ ਲਈ ਵੱਡੇ ਕਦਮ ਚੁੱਕ ਰਹੀ ਹੈ। ਸਿੱਖਿਆ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਫ਼ੈਸਲੇ ਨਾਲ ਸਕੂਲਾਂ ਵਿਚ ਹੁਣ ਪ੍ਰਿੰਸੀਪਲਾਂ ਦੀ ਕਮੀ ਦੂਰ ਹੋਵੇਗੀ। ਇਸ ਨਾਲ ਬੱਚਿਆਂ ਦੀ ਪੜ੍ਹਾਈ ਹੋਰ ਬਿਹਤਰ ਹੋਵੇਗੀ।